ਚੰਡੀਗੜ੍ਹ, 24 ਮਈ, 2022: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਡਾ: ਵਿਜੇ ਸਿੰਗਲਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।ਉਹਨਾਂ ਖਿਲਾਫ਼ ਇਹ ਕਾਰਵਾਈ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਘਿਰਣ ਮਗਰੋਂ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੇ ਆਦੇਸ਼ਾਂ ਤਹਿਤ ਕੀਤੀ ਗਈ ਹੈ।ਡਾ: ਸਿੰਗਲਾ ਨੂੂੰ ਪੁਲਿਸ ਦੇ ਐਂਟੀ ਕੁਰੱਪਸ਼ਨ ਵਿੰਗ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਉਹਨਾਂ ਖਿਲਾਫ਼ ਐਫ.ਆਈ.ਆਰ. ਦਰਜ ਕੀਤੀ ਗਈ ਸੀ।
ਸ੍ਰੀ ਭਗਵੰਤ ਮਾਨ ਨੇ ਅੱਜ ਇਥੇ ਵੀਡੀਓ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਸੀ ਕਿ ਸ੍ਰੀ ਸਿੰਗਲਾ ਦੇ ਖਿਲਾਫ਼ ਇਹ ਸ਼ਿਕਾਇਤ ਮਿਲੀ ਸੀ ਕਿ ਉਹ ਟੈਂਡਰਾਂ ਅਤੇ ਹੋਰ ਖਰੀਦੋ ਫ਼ਰੋਖ਼ਤ ਲਈ ਇਕ ਪ੍ਰਤੀਸ਼ਤ ਕਮਿਸ਼ਨ ਦੀ ਮੰਗ ਕਰ ਰਹੇ ਸਨ ਅਤੇ ਆਪਣਾ ਗੁਨਾਹ ਉਨ੍ਹਾਂ ਨੇ ਕਬੂਲ ਕਰ ਲਿਆ ਹੈ, ਜਿਸ ਕਰਕੇ ਉਹ ਨਾ ਕੇਵਲ ਸ੍ਰੀ ਸਿੰਗਲਾ ਨੂੂੰ ਕੈਬਨਿਟ ਵਿੱਚੋਂ ਬਰਖ਼ਾਸਤ ਕਰ ਰਹੇ ਹਨ ਸਗੋਂ ਉਨ੍ਹਾਂ ਖਿਲਾਫ਼ ਪੁਲਿਸ ਕਾਰਵਾਈ ਦੇ ਆਦੇਸ਼ ਵੀ ਦੇ ਦਿੱਤੇ ਗਏ ਹਨ।
ਇਸ ਵੇਲੇ ਪੰਜਾਬ ਵਿੱਚੋਂ ਸਭ ਤੋਂ ਵੱਡੀ ਖ਼ਬਰ ਆ ਰਹੀ ਹੈ, ਪੰਜਾਬ ਦੇ ਇਕ ਕੈਬਨਿਟ ਮੰਤਰੀ ਦੀ ਬਰਖ਼ਾਸਤਗੀ ਦੀ।ਮੁੱਖ਼ ਮੰਤਰੀ ਸ੍ਰੀ ਭਗਵੰਤ ਮਾਨ ਨੇ ਅੱਜ ਇਕ ਵੀਡੀਓ ਜਾਰੀ ਕਰਕੇ ਸਿਹਤ ਮੰਤਰੀ ਸ੍ਰੀ ਵਿਜੈ ਸਿੰਗਲਾ ਦੀ ਕੈਬਨਿਟ ਤੋਂ ਛੁੱਟੀ ਕਰਨ ਦਾ ਐਲਾਨ ਕੀਤਾ।ਮੁੱਖ ਮੰਤਰੀ ਨੇ ਕਿਹਾ ਕਿ ਡਾ: ਵਿਜੇ ਸਿੰਗਲਾ ਨੇ ਆਪਣੇ ਮਹਿਕਮੇ ਦੇ ਟੈਂਡਰਾਂ ਅਤੇ ਹੋਰ ਖ਼ਰੀਦੋ ਫ਼ਰੋਖ਼ਤ ਦੇ ਮਾਮਲੇ ਵਿੱਚ ਇਕ ਪ੍ਰਤੀਸ਼ਤ ਕਮਿਸ਼ਨ ਦੀ ਮੰਗ ਕੀਤੀ ਸੀ ਅਤੇ ਇਸੇ ਕਰਕੇ ਉਹਨਾਂ ਨੂੰ ਕੈਬਨਿਟ ਵਿੱਚੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ।