ਫ਼ਰੀਦਕੋਟ ਜੇਲ੍ਹ ਦੇ ਸੁਪਰਡੈਂਟ ਜੋਗਿੰਦਰ ਪਾਲ ਨੂੰ ਕੈਦੀ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਮੁਅੱਤਲ ਕਰ ਦਿੱਤਾ ਗਿਆ ਹੈ।
ਡੀਆਈਜੀ ਜੇਲ੍ਹਾਂ ਵੱਲੋਂ ਕੀਤੀ ਗਈ ਜਾਂਚ ਵਿੱਚ ਅਧਿਕਾਰੀ ਵੱਲੋਂ ਡਿਊਟੀ ਵਿੱਚ ਅਣਗਹਿਲੀ ਵਰਤਣ ਦੇ ਦੋਸ਼ ਹੇਠ ਕਾਰਵਾਈ ਕੀਤੀ ਗਈ ਹੈ। ਵੀਡੀਓ ’ਚ ਜੇਲ੍ਹ ਅੰਦਰ ਕੈਦੀਆਂ ਨੂੰ ਮੋਬਾਈਲ ਫੋਨ ਮਿਲਣ ਦਾ ਖੁਲਾਸਾ ਕੀਤਾ ਗਿਆ ਸੀ। ਗੈਰ-ਕਾਨੂੰਨੀ ਹਥਿਆਰ ਰੱਖਣ ਦੇ ਦੋਸ਼ ‘ਚ ਗ੍ਰਿਫਤਾਰ ਜੇਲ੍ਹ ‘ਚ ਬੰਦ ਕੈਦੀ ਕਰਨ ਸ਼ਰਮਾ ਨੇ ਵੀਡੀਓ ਵਾਇਰਲ ਕੀਤੀ ਸੀ।
ਜਾਣੋ ਪੂਰਾ ਮਾਮਲਾ- ਸਥਾਨਕ ਕੇਂਦਰੀ ਮਾਡਰਨ ਜੇਲ੍ਹ ਵਿੱਚ ਨਜ਼ਰਬੰਦ ਇੱਕ ਹਵਾਲਾਤੀ ਨੇ ਸਮੁੱਚੀ ਜੇਲ੍ਹ ਦੀ ਵੀਡੀਓ ਸ਼ੋਸ਼ਲ ਮੀਡੀਆ ’ਤੇ ਪਾ ਕੇ ਜੇਲ੍ਹ ਪ੍ਰਬੰਧਾਂ ’ਤੇ ਸਵਾਲ ਖੜ੍ਹਾ ਕਰ ਦਿੱਤਾ ਹੈ। ਜੇਲ੍ਹ ਅੰਦਰ ਬਣੀ ਵੀਡੀਓ ਵਿੱਚ ਨਜ਼ਰ ਆ ਰਹੇ ਨੌਜਵਾਨ ਦੀ ਸ਼ਨਾਖਤ ਕਰਨ ਸ਼ਰਮਾ ਵਜੋਂ ਹੋਈ ਹੈ, ਜਿਸ ’ਤੇ ਅਸਲਾ ਐਕਟ ਸਣੇ ਤਿੰਨ ਕੇਸ ਦਰਜ ਹਨ। ਕਰਨ ਖ਼ਿਲਾਫ਼ ਸ਼ਿਕਾਇਤ ਕਰਨ ਵਾਲੇ ਪਰਿਵਾਰ ਨੇ ਡੀਜੀਪੀ ਪੰਜਾਬ ਨੂੰ ਸ਼ਿਕਾਇਤ ਭੇਜ ਕੇ ਦੋਸ਼ ਲਾਇਆ ਹੈ ਕਿ ਕੇਂਦਰੀ ਮਾਡਰਨ ਜੇਲ੍ਹ ਫ਼ਰੀਦਕੋਟ ਵਿੱਚ ਗੰਭੀਰ ਅਪਰਾਧਾਂ ਦੇ ਮੁਲਜ਼ਮਾਂ ਨੂੰ ਸ਼ਾਹੀ ਸਹੂਲਤਾਂ ਨੂੰ ਮਿਲ ਰਹੀਆਂ ਹਨ ਤੇ ਜੇਲ੍ਹ ਵਿੱਚ ਬੈਠੇ ਕੈਦੀ ਤੇ ਹਵਾਲਾਤੀ ਮੁਦੱਈਆਂ ਨੂੰ ਗਵਾਹੀਆਂ ਮੁੱਕਰਨ ਦੀਆਂ ਧਮਕੀਆਂ ਦੇ ਰਹੇ ਹਨ। ਜ਼ਿਕਰਯੋਗ ਹੈ ਕਿ ਜੇਲ੍ਹ ਵਿੱਚ ਗੰਭੀਰ ਅਪਰਾਧਾਂ ਵਾਲੇ ਕੈਦੀਆਂ ਤੇ ਹਵਾਲਾਤੀਆਂ ਵੱਲੋਂ ਮੋਬਾਈਲ ਫੋਨ ਅਤੇ ਇੰਟਰਨੈੱਟ ਸੇਵਾਵਾਂ ਹਾਸਲ ਕਰਨ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਫ਼ਰੀਦਕੋਟ ਦੇ ਆਈਜੀ ਪ੍ਰਦੀਪ ਕੁਮਾਰ ਯਾਦਵ ਦੀ ਅਗਵਾਈ ਹੇਠ ਇੱਥੇ ਛਾਪਾਮਾਰੀ ਕੀਤੀ ਗਈ ਸੀ, ਪਰ ਹਾਲੇ ਵੀ ਜੇਲ੍ਹ ਵਿੱਚ ਮੋਬਾਈਲ ਫੋਨ ਅਤੇ ਇੰਟਰਨੈੱਟ ਦੀ ਵਰਤੋਂ ਨਹੀਂ ਰੁਕ ਰਹੀ।
ਇਸ ਵੇਲੇ ਸਥਾਨਕ ਕੇਂਦਰੀ ਮਾਡਰਨ ਜੇਲ੍ਹ ਵਿੱਚ ਤਿੰਨ ਹਜ਼ਾਰ ਦੇ ਕਰੀਬ ਕੈਦੀ ਤੇ ਹਵਾਲਾਤੀ ਹਨ। ਮੁਹਾਲੀ ਧਮਾਕੇ ਦਾ ਮੁੱਖ ਮੁਲਜ਼ਮ ਨਿਸ਼ਾਨ ਸਿੰਘ ਵੀ ਇਸੇ ਜੇਲ੍ਹ ਵਿੱਚ ਨਜ਼ਰਬੰਦ ਸੀ। ਇਸ ਕੇਸ ਦੀ ਜਾਂਚ ਕਰ ਰਹੀ ਟੀਮ ਨੇ ਦਾਅਵਾ ਕੀਤਾ ਹੈ ਕਿ ਮੁਹਾਲੀ ਧਮਾਕੇ ਦੀ ਸਾਜ਼ਿਸ਼ ਫ਼ਰੀਦਕੋਟ ਜੇਲ੍ਹ ਵਿੱਚ ਹੀ ਰਚੀ ਗਈ ਸੀ। ਇਸ ਸਬੰਧੀ ਜੇਲ੍ਹ ਪ੍ਰਸ਼ਾਸਨ ਨੇ ਦਾਅਵਾ ਕੀਤਾ ਹੈ ਕਿ ਗੈ਼ਰਕਾਨੂੰਨੀ ਤਰੀਕੇ ਨਾਲ ਮੋਬਾਈਲ ਫੋਨ ਦੀ ਵਰਤੋਂ ਕਰਨ ਦੇ ਦੋਸ਼ ਹੇਠ 70 ਕੈਦੀਆਂ ਤੇ ਹਵਾਲਾਤੀਆਂ ਖ਼ਿਲਾਫ਼ ਕੇਸ ਦਰਜ ਕੀਤੇ ਗਏ ਹਨ, ਪਰ ਇਸ ਦੇ ਬਾਵਜੂਦ ਜੇਲ੍ਹ ਵਿੱਚ ਮੋਬਾਈਲ ਫੋਨ ਪਹੁੰਚਣ ਬਾਰੇ ਉਨ੍ਹਾਂ ਕੋਈ ਜਵਾਬ ਨਹੀਂ ਦਿੱਤਾ।
ਕੇਂਦਰੀ ਮਾਡਰਨ ਜੇਲ੍ਹ ਦੇ ਸੁਪਰਡੈਂਟ ਨੇ ਸੰਪਰਕ ਕਰਨ ’ਤੇ ਕਿਹਾ ਕਿ ਜੇਲ੍ਹ ਵਿੱਚ ਕੈਦੀਆਂ ਤੇ ਹਵਾਲਾਤੀਆਂ ਲਈ ਮੋਬਾਈਲ ਫੋਨ ਅਤੇ ਇੰਟਰਨੈੱਟ ਵਰਤਣ ਦੀ ਮੁਕੰਮਲ ਪਾਬੰਦੀ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਫ਼ਰੀਦਕੋਟ ਜੇਲ੍ਹ ਵਿੱਚ ਤਿੰਨ ਹਜ਼ਾਰ ਦੇ ਕਰੀਬ ਕੈਦੀ ਤੇ ਹਵਾਲਾਤੀ ਬੰਦ ਹਨ ਅਤੇ ਇਸ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ ਕਿ ਵਿਵਾਦਤ ਵੀਡੀਓ ਜੇਲ੍ਹ ਵਿੱਚ ਕਿਵੇਂ ਬਣਾਈ ਗਈ।