ਮਾਨਸਾ ਦੇ ਐੱਸਐੱਸਪੀ ਗੌਰਵ ਤੂਰਾ ਨੇ ਦਾਅਵਾ ਕੀਤਾ ਹੈ ਕਿ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਆਈਜੀ ਬਠਿੰਡਾ ਰੇਂਜ ਵੱਲੋਂ ਕਾਇਮ ਕੀਤੀ ਐੱਸਆਈਟੀ ਨੂੰ ਲਗਾਤਾਰ ਅਹਿਮ ਸੁਰਾਗ ਮਿਲ ਰਹੇ ਹਨ। ਤਫ਼ਤੀਸ਼ ਦੌਰਾਨ ਬੀਤੇ ਦਿਨ 2 ਗੈਂਗਸਟਰਾਂ ਨੂੰ ਪ੍ਰੋਡਕਸ਼ਨ ਵਰੰਟ ‘ਤੇ ਲਿਆਂਦਾ ਗਿਆ ਹੈ ਅਤੇ ਇਕ ਹੋਰ ਮੁਲਜ਼ਮ ਨੂੰ ਮੁਕੱਦਮੇ ‘ਚ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲਾਰੈਂਸ ਬਿਸ਼ਨੋਈ ਨੂੰ ਵੀ ਮਾਨਸਾ ਪੁਲੀਸ ਕਾਨੂੰਨ ਅਨੁਸਾਰ ਤਫ਼ਤੀਸ਼ ‘ਚ ਸ਼ਾਮਲ ਕਰਕੇ ਉਸ ਤੋਂ ਪੁੱਛਪੜਤਾਲ ਕਰੇਗੀ।
ਉਨ੍ਹਾਂ ਨੇ ਕਿਹਾ ਕਿ ਲਾਰੈਂਸ ਬਿਸ਼ਨੋਈ ਨੂੰ ਜਲਦ ਪੰਜਾਬ ਲਿਆਂਦਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਲਾਰੈਂਸ ਨੂੰ ਮਾਨਸਾ ਪੁਲਿਸ ਰਿਮਾਂਡ ‘ਤੇ ਲੈ ਕੇ ਆਵੇਗੀ। ਮੂਸੇਵਾਲਾ ਕਤਲਕਾਂਡ ‘ਚ ਬਿਸ਼ਨੋਈ ਤੋਂ ਪੁੱਛਗਿੱਛ ਹੋਵੇਗੀ।
ਉਨ੍ਹਾਂ ਨੇ ਕਿਹਾ ਕਿ ਲਾਰੈਂਸ ਬਿਸ਼ਨੋਈ ਗੈਂਗ ਨੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਸੋਸ਼ਲ ਮੀਡੀਆ ਪੋਸਟ ਦੇ ਜ਼ਰੀਏ ਕਤਲ ਦੀ ਜਿੰਮੇਵਾਰੀ ਲਈ ਹੈ। ਕਤਲਕਾਂਡ ‘ਚ ਮਨਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ 2 ਹੋਰ ਮੁਲਜ਼ਮਾਂ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲੈ ਲਿਆਂਦਾ ਗਿਆ ਹੈ। ਹਾਲੇ ਸਿਰਫ਼ ਇੱਕ ਮੁਲਜ਼ਮ ਨੂੰ ਹੀ ਨਾਮਜ਼ਦ ਕੀਤਾ ਗਿਆ।
ਮਾਨਸਾ ਦੇ ਐਸਐਸਪੀ ਨੇ ਬੁੱਧਵਾਰ ਨੂੰ ਪੰਜਾਬ ਦੇ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਬਾਰੇ ਪਹਿਲੀ ਵਾਰ ਮੀਡੀਆ ਨੂੰ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਬਠਿੰਡਾ ਦੇ ਆਈਜੀਪੀ ਨੇ ਮੂਸੇਵਾਲਾ ਮਾਮਲੇ ਵਿੱਚ ਐਸਆਈਟੀ ਦਾ ਗਠਨ ਕੀਤਾ ਹੈ। ਮੂਸੇਵਾਲਾ ਦਾ ਐਤਵਾਰ ਨੂੰ ਮਾਨਸਾ ਦੇ ਪਿੰਡ ਮੂਸੇ ਵਿਖੇ ਘਰ ਤੋਂ ਕੁਝ ਦੂਰ ਅਣਪਛਾਤੇ ਵਿਅਕਤੀਆਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ।