ਚੰਡੀਗੜ੍ਹ: ਜਲਦ ਹੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਭਾਜਪਾ ਨਾਲ ਰਲੇਵਾਂ ਹੋਵੇਗਾ। ਇਸ ਦੀ ਪ੍ਰਕਿਰਿਆ ਜੁਲਾਈ ਮਹੀਨੇ ਵਿਚ ਹੀ ਸ਼ੁਰੂ ਹੋਵੇਗੀ। ਕੈਪਟਨ ਅਮਰਿੰਦਰ ਸਿੰਘ ਇਸ ਸਮੇਂ ਵਿਦੇਸ਼ ਵਿਚ ਰੀੜ ਦੀ ਹੱਡੀ ਦੀ ਸਰਜਰੀ ਕਰਵਾਉਣ ਗਏ ਹਨ, ਉਹ ਅਗਲੇ ਹਫ਼ਤੇ ਤੱਕ ਵਾਪਸ ਆ ਸਕਦੇ ਹਨ। ਇਸ ਰਲੇਵੇਂ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੂੰ ਵੱਡੀ ਜ਼ਿੰਮੇਵਾਰੀ ਮਿਲ ਸਕਦੀ ਹੈ। ਇਸ ਦੀ ਅਧਿਕਾਰਤ ਪੁਸ਼ਟੀ ਹੋਣੀ ਅਜੇ ਬਾਕੀ ਹੈ।

ਇਸ ਸਬੰਧੀ ਗੱਲ ਕਰਦਿਆਂ ਪੰਜਾਬ ਲੋਕ ਕਾਂਗਰਸ ਦੇ ਬੁਲਾਰੇ ਪ੍ਰਿੰਸ ਖੁੱਲਰ ਨੇ ਦੱਸਿਆ ਕਿ ਪੰਜਾਬ ਦੇ ਮੌਜੂਦਾ ਹਾਲਾਤ ਦੇ ਚਲਦਿਆਂ ਇਸ ਸਬੰਧੀ ਅਜੇ ਵਿਚਾਰ ਕੀਤਾ ਜਾ ਰਿਹਾ ਹੈ ਕਿਉਂਕਿ ਭਾਜਪਾ ਹੀ ਇਕ ਅਜਿਹੀ ਪਾਰਟੀ ਹੈ ਜੋ ਪੰਜਾਬ ਨੂੰ ਮੁੜ ਲੀਹ ’ਤੇ ਲਿਆ ਸਕਦੀ ਹੈ। ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਛੱਡ ਕੇ ਵੱਖਰੀ ਪਾਰਟੀ ਬਣਾ ਲਈ ਹੈ। ਉਹਨਾਂ ਨੇ ਪੰਜਾਬ ਲੋਕ ਕਾਂਗਰਸ ਪਾਰਟੀ ਦੇ ਨਾਂ ਹੇਠ ਪੰਜਾਬ ਵਿਧਾਨ ਸਭਾ ਚੋਣਾਂ ਲੜੀਆਂ ਸਨ। ਜਿਸ ਵਿਚ ਉਹਨਾਂ ਦਾ ਭਾਜਪਾ ਨਾਲ ਗਠਜੋੜ ਸੀ। ਹਾਲਾਂਕਿ ਉਹਨਾਂ ਨੂੰ ਸਫਲਤਾ ਨਹੀਂ ਮਿਲੀ। ਪਾਰਟੀ ਉਮੀਦਵਾਰਾਂ ਸਮੇਤ ਉਹ ਖੁਦ ਪਟਿਆਲਾ ਸੀਟ ਹਾਰ ਗਏ ਸਨ।

ਕੈਪਟਨ ਅਮਰਿੰਦਰ ਸਿੰਘ ਦੇ ਕਾਂਗਰਸ ਛੱਡਣ ਤੋਂ ਬਾਅਦ ਵੱਡੀ ਗਿਣਤੀ ਵਿਚ ਕਾਂਗਰਸੀਆਂ ਦੇ ਉਹਨਾਂ ਨਾਲ ਜੁੜਨ ਦੀ ਉਮੀਦ ਸੀ। ਹਾਲਾਂਕਿ ਅਜਿਹਾ ਨਹੀਂ ਹੋਇਆ। ਕਾਂਗਰਸ ਦੇ ਵਿਧਾਇਕ ਰਹੇ ਫਤਿਹਜੰਗ ਬਾਜਵਾ ਅਤੇ ਰਾਣਾ ਗੁਰਮੀਤ ਸੋਢੀ ਚੋਣਾਂ ਤੋਂ ਪਹਿਲਾਂ ਭਾਜਪਾ ‘ਚ ਸ਼ਾਮਲ ਹੋ ਗਏ ਸਨ। ਸੀਨੀਅਰ ਨੇਤਾ ਸੁਨੀਲ ਜਾਖੜ ਵੀ ਚੋਣਾਂ ਤੋਂ ਬਾਅਦ ਭਾਜਪਾ ‘ਚ ਆ ਗਏ ਹਨ। ਇਸ ਤੋਂ ਬਾਅਦ ਕਾਂਗਰਸ ਦੇ ਸਾਬਕਾ ਮੰਤਰੀ ਗੁਰਪ੍ਰੀਤ ਕਾਂਗੜ, ਸ਼ਾਮ ਸੁੰਦਰ ਅਰੋੜਾ, ਰਾਜਕੁਮਾਰ ਵੇਰਕਾ ਅਤੇ ਬਲਬੀਰ ਸਿੱਧੂ ਵੀ ਭਾਜਪਾ ਵਿਚ ਸ਼ਾਮਲ ਹੋ ਗਏ।

Capt Amarinder Singh all set to join BJP, merge his Punjab Lok Congress with saffron party – Amrinder Singh had formed a new political party – Punjab Lok Congress – after he quit the Congress party following his removal from the post of CM late last year.