ਲੁਧਿਆਣਾ : ਜਬਰ-ਜ਼ਿਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਲਕਾ ਆਤਮ ਨਗਰ ਤੋਂ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਨੇ ਜਬਰ-ਜ਼ਿਨਾਹ ਮਾਮਲੇ ‘ਚ ਕਰਮਜੀਤ ਬੈਂਸ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਜਬਰ-ਜ਼ਿਨਾਹ ਮਾਮਲੇ ‘ਚ ਲੁਧਿਆਣਾ ਦੀ ਅਦਾਲਤ ਵੱਲੋਂ ਸਿਮਰਜੀਤ ਬੈਂਸ ਅਤੇ ਉਨ੍ਹਾਂ ਦੇ 6 ਹੋਰ ਸਾਥੀਆਂ ਨੂੰ ਭਗੌੜਾ ਐਲਾਨਿਆ ਗਿਆ ਸੀ।
ਇਨ੍ਹਾਂ ‘ਚ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਵੀ ਸ਼ਾਮਲ ਸਨ। ਸਿਮਰਜੀਤ ਸਿੰਘ ਬੈਂਸ ਅਤੇ ਹੋਰਨਾਂ ਖ਼ਿਲਾਫ਼ ਇਕ ਵਿਧਵਾ ਔਰਤ ਦੀ ਸ਼ਿਕਾਇਤ ‘ਤੇ ਜਬਰ-ਜ਼ਿਨਾਹ ਦਾ ਮਾਮਲਾ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਸਿਮਰਜੀਤ ਸਿੰਘ ਬੈਂਸ ਤੇ ਹੋਰਨਾਂ ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਪੁਲਸ ਵੱਲੋਂ ਲਗਾਤਾਰ ਉਨ੍ਹਾਂ ਨੂੰ ਫੜ੍ਹਨ ਲ਼ਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਅੱਜ ਪੁਲਸ ਵੱਲੋਂ ਉਨ੍ਹਾਂ ਦੇ ਭਰਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਇਹ ਵੀ ਦੱਸ ਦੇਈਏ ਸਿਮਰਜੀਤ ਸਿੰਘ ਬੈਂਸ ਨੂੰ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਤੋਂ ਵੀ ਝਟਕਾ ਲੱਗਾ ਸੀ। ਸਿਮਰਜੀਤ ਬੈਂਸ ਵੱਲੋਂ ਰਾਹਤ ਲਈ ਪਾਈ ਪਟੀਸ਼ਨ ਸੁਪਰੀਮ ਕੋਰਟ ਵੱਲੋਂ ਖਾਰਿਜ ਕਰ ਦਿੱਤੀ ਗਈ ਸੀ।