ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਇੰਟਰਵਿਊ ਦੌਰਾਨ ਇਸ਼ਾਰਾ ਕਰਦਿਆਂ ਕਿਹਾ ਕਿ ਉਹ ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਅਪਣੀ ਵੱਖਰੀ ਪਾਰਟੀ ਬਣਾਉਣਗੇ। ਇਸ ਦੌਰਾਨ ਉਹਨਾਂ ਨੇ ਭਾਜਪਾ ਅਤੇ ਅਕਾਲੀ ਦਲ ਦੇ ਬਾਗੀਆਂ ਨਾਲ ਗਠਜੋੜ ਕਰਨ ਦੇ ਸੰਕੇਤ ਵੀ ਦਿੱਤੇ।
ਇਕ ਨਿੱਜੀ ਚੈਨਲ ਨੂੰ ਦਿੱਤੀ ਇੰਟਰਵਿਊ ਦੌਰਾਨ ਉਹਨਾਂ ਨੇ ਖੇਤੀ ਕਾਨੂੰਨਾਂ ਦੇ ਮਸਲੇ ਦੇ ਜਲਦੀ ਹੱਲ ਹੋਣ ਵੱਲ ਵੀ ਇਸ਼ਾਰਾ ਕੀਤਾ। ਉਹਨਾਂ ਕਿਹਾ ਕਿ ਇਹ ਤਿੰਨ ਖੇਤੀਬਾੜੀ ਕਾਨੂੰਨਾਂ ਦਾ ਮਸਲਾ ਜਲਦੀ ਹੱਲ ਹੋ ਜਾਵੇਗਾ। ਕੈਪਟਨ ਨੇ ਕਿਹਾ ਕਿ ਉਹ ਪੰਜਾਬ ਲਈ ਕਿਸੇ ਨਾਲ ਵੀ ਜਾ ਸਕਦੇ ਹਨ। ਭਾਜਪਾ ਬਾਰੇ ਗੱਲ ਕਰਦਿਆਂ ਉਹਨਾਂ ਕਿਹਾ ਕਿ ਭਾਜਪਾ ਫਿਰਕੂ ਪਾਰਟੀ ਨਹੀਂ ਹੈ, ਭਾਜਪਾ ਨਾਲ ਵੀ ਗਠਜੋੜ ਕੀਤਾ ਜਾ ਸਕਦਾ ਹੈ।
ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਸਾਫ ਕੀਤਾ ਸੀ ਕਿ ਉਹ ਭਾਜਪਾ ਵਿਚ ਸ਼ਾਮਲ ਨਹੀਂ ਹੋ ਰਹੇ ਪਰ ਉਹਨਾਂ ਨੇ ਇਹ ਵੀ ਕਿਹਾ ਕਿ ਉਹ ਹੁਣ ਕਾਂਗਰਸ ਵਿਚ ਵੀ ਨਹੀਂ ਰਹਿਣਗੇ। ਇਕ ਨਿਊਜ਼ ਚੈਨਲ ਨਾਲ ਗੱਲ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਉਹ ਜਲਦ ਹੀ ਕਾਂਗਰਸ ਛੱਡਣ ਵਾਲੇ ਹਨ। ਉਹਨਾਂ ਦਾ ਕਹਿਣਾ ਸੀ ਕਿ ਕਾਂਗਰਸ ਵਲੋਂ ਉਹਨਾਂ ਨੂੰ ਬੇਇੱਜ਼ਤ ਕੀਤਾ ਗਿਆ। ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ 18 ਸਤੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦਿੱਤਾ ਸੀ।