ਟੀ-20 ਵਿਸ਼ਵ ਕੱਪ ਵਿੱਚ ਭਾਰਤ-ਪਾਕਿਸਤਾਨ ਦੇ ਮੈਚ ਵਿੱਚ ਭਾਰਤ ਦੀ ਹਾਰ ਅਤੇ ਪਾਕਿਸਤਾਨ ਦੀ ਜਿੱਤ ਨਾਲ ਮੈਚ ਤਾਂ ਮੁੱਕ ਗਿਆ ਪਰ ਉਸ ਦਾ ਨਾਮ ਲੈ ਕੇ ਸਿਆਸਤ ਅਜੇ ਖੇਡੀ ਜਾ ਰਹੀ ਹੈ।

ਤਾਜ਼ਾ ਮਾਮਲੇ ਵਿੱਚ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਕਿਹਾ ਹੈ ਕਿ ਟੀ-20 ਵਿਸ਼ਵ ਕੱਪ ਦੇ ਭਾਰਤ-ਪਾਕ ਮੈਚ ਦੌਰਾਨ ਪਾਕਿਸਤਾਨ ਦੀ ਜਿੱਤ ਦਾ ਜਸ਼ਨ ਮਨਾਉਣ ਵਾਲਿਆਂ ‘ਤੇ ਦੇਸ਼ਧ੍ਰੋਹ ਲੱਗੇਗਾ।

ਹਾਲਾਂਕਿ ਮੈਚ ਤੋਂ ਬਾਅਦ ਪਾਕਿਸਤਾਨੀ ਟੀਮ ਦੀ ਜਿੱਤ ਦੀ ਖ਼ੁਸ਼ੀ ਮਨਾਉਣ ਦੇ ਮਾਮਲੇ ਵਿੱਚ ਕਾਰਵਈ ਕੀਤੀ ਗਈ ਹੋਵੇ ਅਜਿਹਾ ਪਹਿਲੀ ਵਾਰ ਨਹੀਂ ਹੈ।

ਮੰਗਲਵਾਰ ਨੂੰ ਜੰਮੂ-ਕਸ਼ਮੀਰ ਪੁਲਿਸ ਵਿੱਚ ਮੈਡੀਕਲ ਦੇ ਵਿਦਿਆਰਥੀਆਂ ‘ਤੇ ਪਾਕਿਸਤਾਨ ਦੀ ਜਿੱਤ ਦਾ ਜਸ਼ਨ ਮਨਾਉਣ ਨੂੰ ਲੈ ਕੇ ਕੇਸ ਦਰਜ ਕੀਤਾ ਗਿਆ।

ਉੱਤਰ ਪ੍ਰਦੇਸ਼ ਪੁਲਿਸ ਨੇ ਵੀ ਇਸ ਸਬੰਧ ਵਿੱਚ ਤਿੰਨ ਕਸ਼ਮੀਰੀ ਵਿਦਿਆਰਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।ਰਾਜਸਥਾਨ ਦੇ ਇੱਕ ਨਿੱਜੀ ਸਕੂਲ ਨੇ ਆਪਣੀ ਇੱਕ ਅਧਿਆਪਕਾ ਨੂੰ ਭਾਰਤ-ਪਾਕਿਸਤਾਨ ਮੈਚ ਵਿੱਚ ਪਾਕਿਸਤਾਨ ਦੀ ਜਿੱਤ ਤੋਂ ਬਾਅਦ ਖ਼ੁਸ਼ੀ ਜ਼ਾਹਰ ਕਰਨ ਦੇ ਮਾਮਲੇ ਵਿੱਚ ਨੌਕਰੀ ਤੋਂ ਕੱਢ ਦਿੱਤਾ ਹੈ।

ਇਸੇ ਤਰ੍ਹਾਂ ਕਥਿਤ ਤੌਰ ‘ਤੇ ਸੰਗਰੂਰ ਦੇ ਇੱਕ ਹੋਸਟਲ ਵਿੱਚ ਕਸ਼ਮੀਰੀ ਵਿਦਿਆਰਥੀਆਂ ਨਾਲ ਕੁੱਟਮਾਰ ਕੀਤੀ ਗਈ।

ਐਤਵਾਰ ਨੂੰ ਹੋਏ ਭਾਰਤ-ਪਾਕਿਸਤਾਨ ਟੀ-20 ਮੈਚ ਵਿੱਚ ਪਾਕਿਸਤਾਨ ਨੇ ਭਾਰਤ ਨੂੰ 10 ਵਿਕਟਾਂ ਦੇ ਵੱਡੇ ਫਰਕ ਨਾਲ ਹਰਾਇਆ ਸੀ ਅਤੇ ਭਾਰਤ ਵਿੱਚ ਕੁਝ ਥਾਵਾਂ ਤੋਂ ਉਸ ਜਿੱਤ ਦੀ ਖ਼ੁਸ਼ੀ ਮਾਨਉਣ ਵਾਲਿਆਂ ਉੱਪਰ ਕਾਰਵਾਈਆਂ ਕੀਤੇ ਜਾਣ ਦੀਆਂ ਖ਼ਬਰ ਆ ਰਹੀਆਂ ਹਨ।

ਦੇਸਧ੍ਰੋਹ ਲਈ ਆਈਪੀਸੀ ਦੀ ਧਾਰਾ ਹੈ 124A। ਇਸ ਕਾਨੂੰਨ ਤਹਿਤ ਜੇਕਰ ਕੋਈ ਸ਼ਖ਼ਸ ਭਾਰਤ ਦੇ ਕਾਨੂੰਨ ਵੱਲੋਂ ਸਥਾਪਿਤ ਸਰਕਾਰ ਵਿਰੋਧੀ ਸਮੱਗਰੀ ਲਿਖਦਾ, ਬੋਲਦਾ ਜਾਂ ਕਿਸੇ ਰੂਪ ਵਿੱਚ ਦਰਸਾਉਂਦਾ ਹੈ ਤਾਂ ਉਸ ਨੂੰ ਤਿੰਨ ਸਾਲ ਤੋਂ ਲੈ ਕੇ ਵੱਧ ਤੋਂ ਵੱਧ ਉਮਰ ਕੈਦ ਦੀ ਸਜ਼ਾ ਹੋ ਸਕਦੀ ਹੈ ਅਤੇ ਜੁਰਮਾਨਾ ਵੀ ਲਗਾਇਆ ਜਾ ਸਕਦਾ ਹੈ। ਕਿਸੇ-ਕਿਸੇ ਮਾਮਲਿਆਂ ਵੀ ਦੋਵੇਂ ਹੀ।

ਕਾਨੂੰਨ ਦੇ ਡਰਾਫਟ ਨੂੰ ਭਾਰਤ ਵਿੱਚ ਬ੍ਰਿਟਿਸ਼ ਹਕੂਮਤ ਦੌਰਾਨ ਤਿਆਰ ਕੀਤਾ ਗਿਆ ਸੀ। 1870 ਵਿੱਚ ਇਸ ਨੂੰ ਆਈਪੀਸੀ ਦਾ ਹਿੱਸਾ ਬਣਾਇਆ ਗਿਆ ਤਾਂ ਜੋ ਬ੍ਰਿਟਿਸ਼ ਰਾਜ ਖ਼ਿਲਾਫ਼ ਹੁੰਦੀ ਬਗਾਵਤ ਨੂੰ ਰੋਕਿਆ ਜਾ ਸਕੇ।

ਸਾਲ 2009 ਵਿੱਚ ਬ੍ਰਿਟੇਨ ਨੇ ਇਹ ਕਾਨੂੰਨ ਆਪਣੀਆਂ ਕਾਨੂੰਨ ਦੀਆਂ ਕਿਤਾਬਾਂ ਵਿੱਚੋਂ ਕੱਢ ਦਿੱਤਾ ਸੀ। ਉਸ ਪਿੱਛੇ ਇਹ ਦਲੀਲ ਸੀ ਕਿ ਹੋਰ ਕਾਨੂੰਨ ਆਉਣ ਤੋਂ ਬਾਅਦ ਇਸ ਦਾ ਕੋਈ ਮਤਲਬ ਨਹੀਂ ਰਿਹਾ ਤੇ ਉਂਝ ਵੀ ਲੋਕਾਂ ਦੀ ਬੋਲਣ ਦੀ ਆਜ਼ਾਦੀ ਨੂੰ ਖ਼ਤਮ ਕਰਨ ਲਈ ਇਸ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ।

ਇੱਕ ਕਾਰਨ ਹੋਰ ਦਿੱਤਾ ਗਿਆ ਕਿ ਹੋਰਨਾਂ ਦੇਸਾਂ ਵਿੱਚ ਅਜਿਹੇ ਕਾਨੂੰਨ ਬਣਾਏ ਗਏ ਹਨ ਤੇ ਉੱਥੇ ਵੀ ਸਿਆਸੀ ਵਿਰੋਧੀਆਂ ਨੂੰ ਦਬਾਉਣ ਲਈ ਇਸ ਦੀ ਦੁਰਵਰਤੋਂ ਹੋ ਰਹੀ ਹੈ।

ਦੇਸਧ੍ਰੋਹ ਤੇ ਰਾਜਧ੍ਰੋਹ ਵਿੱਚ ਫਰਕ ਕੀ ਹੈ?
ਉਂਝ ਅੰਗਰੇਜ਼ੀ ਵਿੱਚ ਇਸ ਨੂੰ ਸਡੀਸ਼ਨ ਆਖਿਆ ਜਾਂਦਾ ਹੈ ਜਿਸਦਾ ਡਿਕਸ਼ਨਰੀ ਵਿੱਚ ਮਤਲਬ ਰਾਜਧ੍ਰੋਹ ਹੈ।

ਲੋਕ ਇਸ ਨੂੰ ਆਮ ਭਾਸ਼ਾ ਵਿੱਚ ਦੇਸਧ੍ਰੋਹ ਆਖ ਦਿੰਦੇ ਹਨ ਪਰ ਫਰਕ ਐਨਾ ਹੈ ਜੇਕਰ ਧ੍ਰੋਹ ਮੰਨ ਵੀ ਲਿਆ ਜਾਵੇ ਤਾਂ ਉਹ ਦੇਸ ਖ਼ਿਲਾਫ਼ ਨਹੀਂ ਸਗੋਂ ਉਸ ਵਿੱਚ ਕਾਇਮ ਰਾਜ-ਵਿਵਸਥਾ ਖ਼ਿਲਾਫ਼ ਮੰਨਿਆ ਜਾ ਸਕਦਾ ਹੈ।