ਇਹ ਪਹਿਲੀ ਵਾਰ ਨਹੀਂ ਹੈ ਕਿ ਪੰਜਾਬ ਸਰਕਾਰ ਵਿੱਚ ਮੰਤਰੀਆਂ ਜਾਂ ਵਿਧਾਇਕਾਂ ਦੇ ਕਰੀਬੀਆਂ ਨੂੰ ਅਹਿਮ ਅਹੁਦਾ ਦਿੱਤਾ ਗਿਆ ਹੋਵੇ, ਇਸ ਤੋਂ ਪਹਿਲਾਂ ਵੀ ਅਜਿਹਾ ਕਰਨ ‘ਤੇ ਸਰਕਾਰ ਵਿਰੋਧੀ ਧਿਰ ਦੇ ਸਵਾਲਾਂ ਦਾ ਸਾਹਮਣਾ ਕਰ ਚੁੱਕੀ ਹੈ

ਆਪਣੇ ਰਿਸ਼ਤੇਦਾਰਾਂ ਅਤੇ ਕਰੀਬੀਆਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਇੱਕ ਵਾਰ ਮੁੜ ਸਵਾਲਾਂ ਦੇ ਘੇਰੇ ਵਿੱਚ ਆ ਗਈ ਹੈ।

ਇਸ ਵਾਰ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਜਵਾਈ ਕਾਰਨ ਇਹ ਵਿਵਾਦ ਸ਼ੁਰੂ ਹੋਇਆ ਹੈ।

ਰੰਧਾਵਾ ਦੇ ਜਵਾਈ ਐਡਵੋਕੇਟ ਤਰੁਨਵੀਰ ਸਿੰਘ ਨੂੰ ਪੰਜਾਬ ਸਰਕਾਰ ਵੱਲੋਂ ਆਰਜ਼ੀ ਤੌਰ ‘ਤੇ ਐਡੀਸ਼ਨਲ ਐਡਵੋਕੇਟ ਜਨਰਲ ਦੇ ਅਹੁਦੇ ‘ਤੇ ਪੰਜਾਬ ਸਰਕਾਰ ਲਈ ਕਈ ਕਾਨੂੰਨੀ ਕੇਸ ਲੜਨ ਲਈ ਆਖਿਆ ਗਿਆ ਹੈ।

ਇੱਕ ਨੋਟੀਫਿਕੇਸ਼ਨ ਮੁਤਾਬਕ ਐਡਵੋਕੇਟ ਤਰੁਨਦੀਪ 31 ਮਾਰਚ 2022 ਤੱਕ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪੰਜਾਬ ਸਰਕਾਰ ਲਈ ਕਈ ਕੇਸਾਂ ਵਿੱਚ ਮੌਜੂਦ ਰਹਿਣਗੇ।

ਉਹ ਇਹ ਸਭ ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ ਦੀ ਨਿਗਰਾਨੀ ਹੇਠ ਕਰਨਗੇ। ਫਿਲਹਾਲ ਇਹ ਆਰਜ਼ੀ ਤੌਰ ‘ਤੇ ਹੈ ਅਤੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਵਧਾਇਆ ਵੀ ਜਾ ਸਕਦਾ ਹੈ।

ਇਸ ਤੋਂ ਪਹਿਲਾਂ ਵੀ ਕਈ ਮੰਤਰੀਆਂ ਅਤੇ ਵਿਧਾਇਕਾਂ ਦੇ ਕਰੀਬੀ ਰਿਸ਼ਤੇਦਾਰਾਂ ਨੂੰ ਸਰਕਾਰ ਵਿੱਚ ਅਹਿਮ ਅਹੁਦੇ ਅਤੇ ਸਰਕਾਰੀ ਨੌਕਰੀਆਂ ਦੇਣ ਦੇ ਮਾਮਲੇ ਵਿੱਚ ਵਿਵਾਦ ਹੋਏ ਹਨ।

ਸਿਆਸੀ ਵਿਰੋਧੀਆਂ ਦੇ ਨਿਸ਼ਾਨੇ ‘ਤੇ ਰੰਧਾਵਾ ਤੇ ਪੰਜਾਬ ਸਰਕਾਰ
ਇਸ ਨੋਟੀਫਿਕੇਸ਼ਨ ਤੋਂ ਬਾਅਦ ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਤੇ ਪੰਜਾਬ ਸਰਕਾਰ ਵਿਰੋਧੀ ਪਾਰਟੀਆਂ ਦੇ ਨਿਸ਼ਾਨੇ ‘ਤੇ ਆ ਗਈ ਹੈ।

ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ,”ਪੰਜਾਬ ਦੇ ਲੋਕਾਂ ਨਾਲ ਇਸ ਤੋਂ ਵੱਡਾ ਧੋਖਾ ਕੀ ਹੋ ਸਕਦਾ ਹੈ ਕਿ ਕਾਂਗਰਸ ਆਪਣੇ ਹੀ ਮੰਤਰੀਆਂ ਅਤੇ ਵਿਧਾਇਕਾਂ ਦੇ ਬੱਚਿਆਂ ਨੂੰ ਨੌਕਰੀਆਂ ਦੇ ਰਹੀ ਹੈ।”