ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ ‘ਤੇ ਅੱਜ ਤਖ਼ਤ ਸਾਹਿਬ ਵਿਖੇ ਪਸ਼ਚਾਤਾਪ ਸਮਾਗਮ ਕਰਵਾਇਆ ਗਿਆ । ਸਮਾਗਮ ‘ਚ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ ਦੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਵਾਏ ਗਏ । ਸਮਾਗਮ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਉਚੇਚੇ ਤੌਰ ‘ਤੇ ਸ਼ਾਮਲ ਹੋਏ ਅਤੇ ਵਾਪਰੀ ਘਟਨਾ ‘ਤੇ ਪਸ਼ਚਾਤਾਪ ਕੀਤਾ ਸਮਾਗਮ ਉਪਰੰਤ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਮੰਗ ਕੀਤੀ ਕਿ ਦੋਸ਼ੀ ਦਾ ਨਾਰਕੋ ਟੈੱਸਟ ਅਤੇ ਬਰੇਨ ਮੈਪਿੰਗ ਕਾਰਵਾਈ ਜਾਵੇ ਤਾਂ ਜੋ ਸੱਚ ਸਾਹਮਣੇ ਆ ਸਕੇ |

ਸ੍ਰੀ ਆਨੰਦਪੁਰ ਸਾਹਿਬ,23 ਸਤੰਬਰ -ਤਖ਼ਤ ਕੇਸਗੜ੍ਹ ਸਾਹਿਬ ਵਿੱਚ ਬੇਅਦਬੀ ਦੀ ਘਟਨਾ ਬਾਅਦ ਜਿਥੇ ਸਿੱਖ ਜਥੇਬੰਦੀਆਂ ਵੱਲੋਂ ਰੋਸ ਪ੍ਰਗਟ ਕੀਤੇ ਜਾ ਰਹੇ ਹਨ ਉਥੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਤਖ਼ਤ ਕੇਸਗੜ੍ਹ ਸਾਹਿਬ ਦੇ ਸਮੂਹ ਸਟਾਫ ਵੱਲੋਂ ਪਸ਼ਚਾਤਾਪ ਵਜੋਂ ਰੱਖੇ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਪੁਲੀਸ ਮੁਲਜ਼ਮ ਨੂੰ ਪਾਗਲ ਅਤੇ ਨ ਸ਼ੇ ੜੀ ਦੱਸ ਕੇ ਪਹਿਲਾਂ ਹੋਈਆਂ ਬੇਅਦਬੀਆਂ ਦੀ ਤਰ੍ਹਾਂ ਇਸ ਵਾਰ ਵੀ ਆਪਣਾ ਪੱਲਾ ਛੁਡਾਉਣਾ ਚਾਹੁੰਦੀ ਹੈ। ਉਨ੍ਹਾਂ ਮੰਗ ਕੀਤੀ ਕਿ ਮੁਲਜ਼ਮ ਦਾ ਨਾਰਕੋ ਟੈਸਟ ਅਤੇ ਬਰੇਨ ਮੈਪਿੰਗ ਟੈਸਟ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਪੰਜ ਮੈਂਬਰੀ ਪੜਤਾਲੀਆ ਕਮੇਟੀ 25 ਸਤੰਬਰ ਨੂੰ ਆਪਣੀ ਰਿਪੋਰਟ ਪੇਸ਼ ਕਰੇਗੀ ਜੇ ਉਸ ਰਿਪੋਰਟ ਵਿੱਚ ਕਿਸੇ ਖ਼ਿਲਾਫ਼ ਅਣਗਹਿਲੀ ਪਾਈ ਜਾਂਦੀ ਹੈ ਤਾਂ ਉਸ ਖ਼ਿਲਾਫ ਵੀ ਕਾਰਵਾਈ ਕੀਤੀ ਜਾਵੇਗੀ।