ਹਰਸਿਮਰਤ ਬਾਦਲ ਦੀ ਫਿਰੋਜ਼ਪੁਰ ਫੇਰੀ ਮੌਕੇ ਹੰਗਾਮਾ

ਫਿਰੋਜ਼ਪੁਰ, 10 ਨਵੰਬਰ – ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਫਿਰੋਜ਼ਪੁਰ ਫੇਰੀ ਦੌਰਾਨ ਅੱਜ ਕਿਸਾਨ ਤੇ ਕਾਂਗਰਸ ਆਗੂਆਂ ਨੇ ਵੱਖ-ਵੱਖ ਥਾਵਾਂ ’ਤੇ ਰੋਸ ਪ੍ਰਦਰਸ਼ਨ ਕੀਤਾ। ਹਰਸਿਮਰਤ ਦਾ ਕਾਫ਼ਲਾ ਜਦ ਸ਼ਹਿਰ ਦੇ ਦੇਵ ਸਮਾਜ ਕਾਲਜ ਨੇੜਿਓਂ ਲੰਘਿਆ ਤਾਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਹਰਨੇਕ ਸਿੰਘ ਮਹਿਮਾ ਦੀ ਅਗਵਾਈ ਵਿਚ ਇਕੱਤਰ ਹੋਏ ਕਿਸਾਨਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਵਰਦੇਵ ਸਿੰਘ ਨੋਨੀ ਮਾਨ ਦੀ ਫਾਰਚੂਨਰ ਗੱਡੀ ਰੋਕ ਲਈ।

ਕੁਝ ਕਿਸਾਨ ਆਗੂ ਨੋਨੀ ਮਾਨ ਦੀ ਗੱਡੀ ਦੇ ਬੋਨਟ ’ਤੇ ਚੜ੍ਹ ਗਏ ਪਰ ਗੱਡੀ ਚਾਲਕ ਨੇ ਗੱਡੀ ਭਜਾ ਲਈ। ਗੁੱਸੇ ’ਚ ਆਏ ਕਿਸਾਨ ਆਗੂਆਂ ਨੇ ਗੱਡੀ ’ਤੇ ਹ ਮ ਲਾ ਕਰ ਦਿੱਤਾ ਤੇ ਗੱਡੀ ਦੇ ਸਾਰੇ ਸ਼ੀਸ਼ੇ ਭੰਨ੍ਹ ਦਿੱਤੇ। ਦੱਸਿਆ ਜਾਂਦਾ ਹੈ ਕਿ ਨੋਨੀ ਮਾਨ ਦੇ ਗੰਨਮੈਨਾਂ ਨੇ ਬਚਾਅ ਵਾਸਤੇ ਤਿੰਨ ਹਵਾਈ ਫਾਇਰ ਕੀਤੇ ਪਰ ਇਸ ਦੀ ਪੁਸ਼ਟੀ ਨਹੀਂ ਹੋ ਸਕੀ।

ਬੀਕੇਯੂ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਹਰਨੇਕ ਸਿੰਘ ਮਹਿਮਾ ਦਾ ਦੋਸ਼ ਹੈ ਕਿ ਉਹ ਸ਼ਾਂਤਮਈ ਢੰਗ ਨਾਲ ਅਕਾਲੀ ਆਗੂਆਂ ਦਾ ਵਿਰੋਧ ਕਰ ਰਹੇ ਸਨ ਤੇ ਬੀਬੀ ਹਰਸਿਮਰਤ ਕੌਰ ਬਾਦਲ ਨੂੰ ਕੁਝ ਸਵਾਲ ਪੁੱਛਣਾ ਚਾਹੁੰਦੇ ਸਨ ਪਰ ਅਕਾਲੀ ਆਗੂਆਂ ਨੇ ਕਿਸਾਨਾਂ ਤੇ ਗੱਡੀ ਚੜ੍ਹਾ ਕੇ ਉਨ੍ਹਾਂ ਨੂੰ ਦਰੜਨ ਦੀ ਕੋਸ਼ਿਸ਼ ਕੀਤੀ, ਕਿਸਾਨਾਂ ਤੇ ਗੋ ਲੀ ਆਂ ਚਲਾਈਆਂ ਤੇ ਗੱਡੀ ਭਜਾ ਕੇ ਫ਼ਰਾਰ ਹੋ ਗਏ। ਸ਼ਹਿਰ ਦੇ ਮੱਖੂ ਗੇਟ ਇਲਾਕੇ ਵਿਚ ਵੀ ਕਾਂਗਰਸ ਪਾਰਟੀ ਦੇ ਆਗੂਆਂ ਨੇ ਹਰਸਿਮਰਤ ਬਾਦਲ ਦੇ ਕਾਫ਼ਲੇ ਨੂੰ ਕਾਲੀਆਂ ਝੰਡੀਆਂ ਵਿਖਾਈਆਂ।