ਦਿੱਲੀ ਵਿਖੇ ਕਿਸਾਨ ਅੰਦੋਲਨ ਦੀ ਜਿੱਤ ਮਗਰੋਂ ਪੰਜਾਬ ਦੀ ਸਿਆਸਤ ਅੰਦਰ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਕੌਮੀ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੂੰ ਆਮ ਆਦਮੀ ਪਾਰਟੀ ਵਲੋਂ ਮੁੱਖ ਮੰਤਰੀ ਦਾ ਚਿਹਰਾ ਬਣਾਏ ਜਾਣ ਦੀਆਂ ਚਰਚਾਵਾਂ ਉਪਰ ਰਾਜੇਵਾਲ ਨੇ ਸ਼ੁਕਰਵਾਰ ਨੂੰ ਖੰਨਾ ਵਿਖੇ ਸਫ਼ਾਈ ਦਿੰਦੇ ਹੋਏ ਕਿਹਾ ਕਿ ਉਹ ਮੁੱਖ ਮੰਤਰੀ ਦਾ ਚਿਹਰਾ ਨਹੀਂ ਬਣ ਰਹੇ।

ਉਹ ਗੁਰਦੁਆਰਾ ਮੰਜੀ ਸਾਹਿਬ ਵਿਖੇ ਯੂਨੀਅਨ ਦੀ ਮੀਟਿੰਗ ’ਚ ਹਿੱਸਾ ਲੈਣ ਆਏ ਸਨ। ਜਦੋਂ ਰਾਜੇਵਾਲ ਨੂੰ ਮੁੱਖ ਮੰਤਰੀ ਚਿਹਰਾ ਬਣਨ ਦਾ ਸਵਾਲ ਪੁਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਕਿਆਸਰਾਈਆਂ ਲਗਾਈ ਜਾਉ, ਪਰੰਤੂ ਉਹ ਮੁੱਖ ਮੰਤਰੀ ਚਿਹਰਾ ਨਹੀਂ ਬਣ ਰਹੇ। ਆਮ ਆਦਮੀ ਪਾਰਟੀ ਵਲੋਂ ਮੁੱਖ ਮੰਤਰੀ ਚਿਹਰਾ ਬਣਨ ਦੀ ਆਫ਼ਰ ਦੇ ਸਵਾਲ ’ਤੇ ਰਾਜੇਵਾਲ ਨੇ ਕਿਹਾ ਕਿ ਆਫ਼ਰ ਤਾਂ ਉਨ੍ਹਾਂ ਨੂੰ ਰਾਸ਼ਟਰਪਤੀ ਦੀ ਵੀ ਹੈ, ਦਸੋ ਕੀ ਰਾਸ਼ਟਰਪਤੀ ਬਣ ਜਾਵਾਂ।

ਉਨ੍ਹਾਂ ਕਿਹਾ ਕਿ ਯੂਨੀਅਨ ਦੀ ਮੀਟਿੰਗ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਕੀਤੀ ਗਈ। ਜਿਸ ਵਿਚ ਪਿਛਲੇ ਸਮੇਂ ਦੌਰਾਨ ਚੱਲੇ ਅੰਦੋਲਨ ਦਾ ਲੇਖਾ ਜੋਖਾ ਕੀਤਾ ਗਿਆ। ਮੀਟਿੰਗ ਵਿਚ ਪੰਜਾਬ ਦੇ ਅਹੁਦੇਦਾਰਾਂ ਤੋਂ ਇਲਾਵਾ ਸਾਰੇ ਜ਼ਿਲ੍ਹਾ ਪ੍ਰਧਾਨਾਂ ਵਲੋਂ ਆਪੋ-ਆਪਣੇ ਵਿਚਾਰ ਰੱਖੇ ਗਏ ਅਤੇ ਭਵਿੱਖ ਵਿਚ ਵੱਖ-ਵੱਖ ਮੁੱਦਿਆਂ ’ਤੇ ਸੰਘਰਸ਼ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਆਪਣੇ ਸੰਬੋਧਨ ’ਚ ਰਾਜੇਵਾਲ ਨੇ ਕਿਹਾ ਕਿ ਸਰਕਾਰਾਂ ਦੇ ਰਵਈਏ ਨੂੰ ਦੇਖਦਿਆਂ ਹੋਇਆਂ ਆਉਣ ਵਾਲੇ ਸਮੇਂ ਵਿਚ ਮੀਟਿੰਗ ਸੱਦ ਕੇ ਸੰਘਰਸ਼ ਕਰਨ ਦੀ ਰੂਪ-ਰੇਖਾ ਤਿਆਰ ਕੀਤੀ ਜਾਵੇਗੀ। ਇਸ ਮੌਕੇ ਰਾਜੇਵਾਲ ਨੇ ਦਿੱਲੀ ਅੰਦੋਲਨ ਦੀ ਜਿੱਤ ਦੀ ਖੁਸ਼ੀ ਵਿਚ ਵਧਾਈ ਦਿੰਦਿਆਂ ਸਮੂਹ ਵਰਗਾਂ ਦੇ ਲੋਕਾਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਦੇਵ ਸਿੰਘ ਮੀਆਂਪੁਰ, ਗੁਰਬਚਨ ਸਿੰਘ ਬਾਜਵਾ, ਅਮਰੀਕ ਸਿੰਘ ਗੁਰਦਾਸਪੁਰ, ਸੀਨੀਅਰ ਮੀਤ ਪ੍ਰਧਾਨ ਨੇਕ ਸਿੰਘ ਖੋਖ, ਜਨਰਲ ਸਕੱਤਰ ਪਰਮਿੰਦਰ ਸਿੰਘ ਚਲਾਕੀ, ਰਜਿੰਦਰ ਸਿੰਘ ਕੋਟ ਪਨੈਚ, ਸਕੱਤਰ ਘੁੰਮਣ ਸਿੰਘ ਰਾਜਗੜ੍ਹ, ਪ੍ਰਗਟ ਸਿੰਘ ਤਲਵੰਡੀ, ਮਨਮੋਹਣ ਸਿੰਘ ਸੰਗਠਨ ਸਕੱਤਰ, ਲਖਵਿੰਦਰ ਸਿੰਘ ਪ੍ਰਧਾਨ ਯੂਥ ਵਿੰਗ ਪੰਜਾਬ ਆਦਿ ਹਾਜ਼ਰ ਸਨ।