ਕਾਂਗਰਸ ਪਾਰਟੀ ਨੇ ਆਪਣੇ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਹੈ। ਗੁਰਦਾਸਪੁਰ ਦੇ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੀ ਟਿਕਟ ਕੱਟੀ ਗਈ ਹੈ। ਦੱਸ ਦਈਏ ਕਿ ਲਾਡੀ ਪਿਛਲੇ ਦਿਨੀਂ ਭਾਜਪਾ ਵਿਚ ਸ਼ਾਮਲ ਹੋ ਗਏ ਸਨ ਤੇ 6 ਦਿਨ ਬਾਅਦ ਹੀ ਮੁੜ ਕਾਂਗਰਸ ਵਿਚ ਪਰਤ ਆਏ ਸਨ।
ਉਮੀਦ ਕੀਤੀ ਜਾ ਰਹੀ ਸੀ ਕਿ ਕਾਂਗਰਸ ਨੇ ਲਾਡੀ ਨੂੰ ਟਿਕਟ ਦਾ ਭਰੋਸਾ ਦੇ ਕੇ ਵਾਪਸੀ ਕਰਵਾਈ ਹੈ ਪਰ ਹੁਣ ਪਾਰਟੀ ਨੇ ਉਨ੍ਹਾਂ ਦੀ ਥਾਂ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਮਨਦੀਪ ਸਿੰਘ ਰੰਗੜ ਨੰਗਲ ਨੂੰ ਉਮੀਦਵਾਰ ਐਲਾਨ ਦਿੱਤਾ ਹੈ।
ਦੱਸ ਦਈਏ ਕਿ ਕਾਂਗਰਸ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ 86 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇੱਕ ਵਾਰ ਫਿਰ ਚਮਕੌਰ ਸਾਹਿਬ ਵਿਧਾਨ ਸਭਾ ਸੀਟ ਤੋਂ ਚੋਣ ਲੜਨਗੇ, ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਪੂਰਬੀ ਤੋਂ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਆਪਣੀ ਮੌਜੂਦਾ ਸੀਟ ਡੇਰਾ ਬਾਬਾ ਨਾਨਕ ਤੋਂ ਚੋਣ ਲੜਨਗੇ।
ਪੰਜਾਬ ਦੇ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਅੰਮ੍ਰਿਤਸਰ ਸੈਂਟਰਲ ਤੋਂ ਅਤੇ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਕਾਦੀਆਂ ਤੋਂ ਉਮੀਦਵਾਰ ਹੋਣਗੇ।
ਅੰਦਰੂਨੀ ਵਿਰੋਧ ਦੇ ਬਾਵਜੂਦ ਮਾਲਵਿਕਾ ਸੂਦ ਨੂੰ ਮੋਗਾ ਤੇ ਸਿੱਧੂ ਮੂਸੇਵਾਲਾ ਨੂੰ ਮਾਨਸਾ ਤੋਂ ਟਿਕਤ ਦਿੱਤੀ ਗਈ ਹੈ। ਮੋਗਾ ਤੋਂ ਵਿਧਾਇਕ ਹਰਜੋਤ ਕਮਲ ਨੂੰ ਵੱਡਾ ਝਟਕਾ ਲੱਗਾ ਹੈ।
ਸੂਦ ਤੇ ਮੂਸੇਵਾਲਾ ਅਜੇ ਕੁਝ ਚਿਰ ਪਹਿਲਾਂ ਹੀ ਕਾਂਗਰਸ ਵਿਚ ਸ਼ਾਮਲ ਹੋਏ ਹਨ। ਅਜਿਹੇ ਵਿਚ ਇਥੋਂ ਕਾਂਗਰਸ ਦੇ ਵਿਧਾਇਕ ਤੇ ਹੋਰ ਸੀਨੀਅਰ ਆਗੂਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਸੀ। ਮਲੋਟ ਤੋਂ ਆਪ ਨੂੰ ਛੱਡ ਕਾਂਗਰਸ ‘ਚ ਆਈ ਰੁਪਿੰਦਰ ਰੂਬੀ ਨੂੰ ਟਿਕਟ ਮਿਲੀ ਹੈ।